ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਵੱਲੋਂ ਸੰਘਰਸ਼ ਨੂੰ ਤਿੱਖਾ ਰੂਪ ਦਿੰਦਿਆਂ 31 ਮਈ ਨੂੰ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਦਾ ਘਿਰਾਓ ਕਰਕੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਸੀ।
ਜਿਸ ਦੇ ਤਹਿਤ ਅੱਜ ਜਥੇਬੰਦੀਆਂ ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਮੁੰਡੀਆਂ ਕਲਾਂ ਵਿਖੇ ਜਥੇਬੰਦੀ ਨਾਲ ਮੀਟਿੰਗ ਹੋਈ ਜਿਸ ਉਪਰੰਤ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ, ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਵਿੱਤ ਸਕੱਤਰ ਬਲਜਿੰਦਰ ਸਿੰਘ ਸਮਾਣਾ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਵਿੱਚ ਇੱਕ ਵਰਕਰ ਦੇ ਰੂਪ ਵਿੱਚ ਸੇਵਾਵਾਂ ਨਿਭਾ ਰਹੇ ਇੰਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਅਧੀਨ ਲਿਆਕੇ ਰੈਗੂਲਰ ਕਰਵਾਉਣ ਸਬੰਧੀ ਜਥੇਬੰਦੀ ਨੇ 31 ਮਈ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਮੁਹਰੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਸੀ।
ਜਿਸ ਉਪਰੰਤ ਅੱਜ ਜਥੇਬੰਦੀ ਦੇ ਵਫਦ ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੀਟਿੰਗ ਕਰਨ ਉਪਰੰਤ ਇਹ ਪੂਰਨ ਭਰੋਸਾ ਦਿੱਤਾ ਹੈ ਕਿ 1 ਜੂਨ 2026 ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿਭਾਗੀ ਅਧਿਕਾਰੀਆਂ ਸਮੇਤ ਪੈਨਲ ਮੀਟਿੰਗ ਕਰਕੇ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਪੂਰਨ ਭਰੋਸਾ ਦਿੱਤਾ ਹੈ ਕਿ ਇਸ ਮੀਟਿੰਗ ਵਿੱਚ ਸਰਕਾਰ ਕੋਈ ਨਾ ਕੋਈ ਹੱਲ ਕੱਢਕੇ ਇੰਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਵਿੱਚ ਸ਼ਾਮਲ ਕਰੇਗੀ।
ਇਸ ਉਪਰੰਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਹੈਡ ਆਫਿਸ ਪਟਿਆਲਾ ਵੱਲੋਂ ਜਥੇਬੰਦੀ ਨੂੰ ਲਿਖਤੀ ਵੀ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ।ਜਿਸ ਤੋਂ ਬਾਅਦ ਸੂਬਾ ਕਮੇਟੀ ਨੇ ਫੈਸਲਾ ਕੀਤਾ ਕਿ ਸਰਕਾਰ ਦੇ ਆਖਰੀ ਭਰੋਸੇ ਤੇ 31 ਮਈ ਦਾ ਪੱਕਾ ਮੋਰਚਾ ਮੁਲਤਵੀ ਕਰਕੇ ਇਹ ਐਲਾਨ ਕੀਤਾ ਕਿ ਜੇਕਰ 1 ਜੂਨ ਨੂੰ ਵੀ ਵਾਅਦਾ ਖਿਲਾਫੀ ਕੀਤੀ ਤਾਂ 5 ਜੂਨ ਨੂੰ ਪੱਕਾ ਮੋਰਚਾ ਲਾਇਆ ਜਾਵੇਗਾ।
ਜਿਸ ਦੀ ਨਿਰੋਲ ਜੁਮੇਵਾਰੀ ਪੰਜਾਬ ਸਰਕਾਰ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ,ਮੈਨੇਜਮੈਂਟ ਦੀ ਹੋਵੇਗੀ।
ਇਸ ਮੌਕੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ, ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਵਿੱਤ ਸਕੱਤਰ ਬਲਜਿੰਦਰ ਸਿੰਘ ਸਮਾਣਾ, ਸੂਬਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ,ਹਰਦੇਵ ਸਿੰਘ ਮੱਲੇਵਾਲ, ਪ੍ਰਦੀਪ ਸਿੰਘ ਖੱਖ, ਕੁਲਵਿੰਦਰ ਸਿੰਘ ਅਟਵਾਲ, ਰਵਿੰਦਰ ਕੁਮਾਰ ਆਦਿ ਆਗੂ ਹਾਜਰ ਸਨ।
