)ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. ਨੰ. 26 ਜ਼ਿਲ੍ਹਾ ਜਲੰਧਰ ਦੀ ਬ੍ਰਾਂਚ ਸ਼ਾਹਕੋਟ ਤੇ ਨਕੋਦਰ ਦੇ ਆਗੂਆਂ ਦੀ ਇੱਕ ਅਹਿਮ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਅਤੇ ਜ਼ਿਲ੍ਹਾ ਜੁਆਇੰਟ ਜਨਰਲ ਸਕੱਤਰ ਸ਼ਿੰਦਰਪਾਲ ਸੰਧੂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਨੇ ਵਿਭਾਗ ਵਿੱਚ ਕੰਮ ਕਰ ਰਹੇ ਇੰਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮਿਆਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਮੀਟਿੰਗ ਦੌਰਾਨ ਸੂਬਾ ਵਰਕਿੰਗ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ 6 ਨਵੰਬਰ 2026 ਨੂੰ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਉਪਰੰਤ ਸਬੰਧਤ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹੇ ਵਿੱਚ ਤਿਆਰੀਆਂ ਅਤੇ ਲਾਮਬੰਦੀ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।
ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਸਰਕਾਰ ਵੱਲੋਂ ਬਣਾਏ ਗਏ ਐਕਟ ਤਹਿਤ ਇੰਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮਿਆਂ ਨੂੰ ਦੀਵਾਲੀ ਤੋਂ ਪਹਿਲਾਂ ਨਿਯੁਕਤੀ ਪੱਤਰ ਜਾਰੀ ਕਰਕੇ ਸੌਂਪੇ ਜਾਣ। ਉਨ੍ਹਾਂ ਕਿਹਾ ਕਿ ਐਕਟ ਪਾਸ ਹੋਣ ਦੇ ਬਾਵਜੂਦ ਵਿਭਾਗ ਵੱਲੋਂ ਕਾਮਿਆਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਵਿੱਚ ਕੀਤੀ ਜਾ ਰਹੀ ਦੇਰੀ ਸਰਕਾਰ ਦੀ ਨੀਅਤ ’ਤੇ ਸਵਾਲ ਖੜ੍ਹੇ ਕਰਦੀ ਹੈ।
ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਾਮਿਆਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਅਤੇ ਨਿਯੁਕਤੀ ਪੱਤਰ ਜਾਰੀ ਨਾ ਕੀਤੇ ਤਾਂ 6 ਨਵੰਬਰ ਨੂੰ ਧੂਰੀ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਵਿਰੁੱਧ ਪਿੱਟ-ਸਿਆਪਾ ਕੀਤਾ ਜਾਵੇਗਾ ਅਤੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਲੰਧਰ ਤੋਂ ਵੱਡੀ ਗਿਣਤੀ ਵਿੱਚ ਵਰਕਰ ਇਸ ਸੰਘਰਸ਼ ਵਿੱਚ ਸ਼ਮੂਲੀਅਤ ਕਰਨਗੇ।
ਉਨ੍ਹਾਂ ਕਿਹਾ ਕਿ ਕਾਮਿਆਂ ਨੇ ਲੰਮਾ ਸਮਾਂ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾਈਆਂ ਹਨ, ਇਸ ਲਈ ਉਨ੍ਹਾਂ ਨੂੰ ਬਣਦੇ ਹੱਕਾਂ ਤੋਂ ਵਾਂਝਾ ਰੱਖਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਸਮਾਂ ਰਹਿੰਦੇ ਮਸਲੇ ਦਾ ਹੱਲ ਨਾ ਕੀਤਾ ਤਾਂ ਇਸ ਦੇ ਗੰਭੀਰ ਨਤੀਜੇ ਪੰਜਾਬ ਸਰਕਾਰ ਨੂੰ ਭੁਗਤਣੇ ਪੈਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਆਗੂ ਰੇਸ਼ਮ ਸਿੰਘ ਭੋਏਪੁਰ,ਗੁਰਭੇਜ ਸਿੰਘ ਧੁੱਗੜ, ਹਰਵਿੰਦਰ ਸਿੰਘ ਹੁੰਦਲ, ਭਗਵੰਤ ਸਿੰਘ ਫਾਜਲਵਾਲ,ਰਾਜ ਕੁਮਾਰ ਸਹੋਤਾ,ਸਾਬ ਸਿੰਘ ਸਾਂਦਾ, ਸੰਦੀਪ ਸਿੰਘ ਕੰਗ, ਸਤਨਾਮ ਸਿੰਘ ਸ਼ਾਹਕੋਟ, ਜੋਗਿੰਦਰ ਸਿੰਘ ਨੱਲ ਆਦਿ ਆਗੂ ਹਾਜਰ ਸਨ।

