ਜਲੰਧਰ 14 ਫਰਵਰੀ: ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸ੍ਰੀ ਗੁਰੂ ਰਵਿਦਾਸ ਦੇ ਜਨਮ ਅਸਥਾਨ ਵਾਰਾਣਸੀ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਥਾਨ ਕਰੋੜਾਂ ਸ਼ਰਧਾਲੂਆਂ ਦੀ ਸ਼ਰਧਾ ਦਾ ਕੇਂਦਰ ਹੈ ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਮੱਥਾ ਟੇਕਣ ਲਈ ਆਉਂਦੇ ਹਨ।
ਉਨ੍ਹਾਂ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਨੂੰ ਇੱਕ ਨਵੀਂ ਊਰਜਾ ਮਹਿਸੂਸ ਹੁੰਦੀ ਹੈ ਅਤੇ ਇਹ ਸਥਾਨ ਉਨ੍ਹਾਂ ਦੇ ਜੀਵਨ ਵਿੱਚ ਹਮੇਸ਼ਾ ਆਸਥਾ ਦਾ ਕੇਂਦਰ ਰਿਹਾ ਹੈ। ਸੰਸਦ ਮੈਂਬਰ ਨੇ ਅੱਗੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਪ੍ਰਕਾਸ਼ ਪੁਰਬ ਵੀ ਕੁਝ ਦਿਨਾਂ ਬਾਅਦ ਹੈ, ਜਿਸ ਕਾਰਨ ਇੱਥੇ ਸ਼ਰਧਾਲੂਆਂ ਦਾ ਆਉਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਜਲੰਧਰ ਤੋਂ ਵੀ ਵੱਡੀ ਗਿਣਤੀ ਵਿਚ ਸ਼ਰਧਾਲੂ ਇਥੇ ਦਰਸ਼ਨਾਂ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੀ ਬਾਣੀ ਸਮੁੱਚੀ ਮਾਨਵਤਾ ਲਈ ਮਾਰਗ ਦਰਸ਼ਕ ਹਨ, ਜਿਨ੍ਹਾਂ ‘ਤੇ ਚੱਲ ਕੇ ਲੋਕ ਆਪਣਾ ਜੀਵਨ ਸਫਲ ਕਰ ਸਕਦੇ ਹਨ।